ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Monday, March 30, 2009

ਕੈਪਟਨ ਕੰਵਲਜੀਤ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਮ ਸਸਕਾਰ

ਲੋਕਾਂ ਦਾ ਇਕੱਠ ਆਪਣੇ ਮਹਿਬੂਬ ਨੇਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚਿਆ
ਚੰਡੀਗੜ੍ਹ : 30 ਮਾਰਚ
ਪੰਜਾਬ ਦੇ ਸਹਿਕਾਰਤਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕੈਪਟਨ ਕੰਵਲਜੀਤ ਸਿੰਘ ਦਾ ਸਥਾਨਕ ਸ਼ਮਸ਼ਾਨਘਾਟ ਸੈਕਟਰ-25 ਵਿਖੇ ਪੂਰੇ ਸਰਕਾਰੀ ਸਨਮਾਨ ਨਾਲ ਅੰਤਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਐਤਵਾਰ ਨੂੰ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਅੰਤਮ ਸਸਕਾਰ ਮੌਕੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਆਪਣੇ ਮਹਿਬੂਬ ਨੇਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚਿਆ ਹੋਇਆ ਸੀ। ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨਾਲ ਕੈਪਟਨ ਕੰਵਲਜੀਤ ਸਿੰਘ ਦੀ ਦੇਹ ਨੂੰ ਲਿਜਾਣ ਵਾਲੀ ਗੱਡੀ ਵਿਚ ਬੈਠ ਕੇ ਸ਼ਮਸ਼ਾਨਘਾਟ ਪਹੁੰਚੇ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਛੜੇ ਨੇਤਾ ਦੇ ਪੁੱਤਰ ਜਸਜੀਤ ਸਿੰਘ ਬੰਨੀ ਦੇ ਨਾਲ ਅਰਥੀ ਨੂੁੰ ਮੋਢਾ ਦਿੱਤਾ।
ਇਸ ਮੌਕੇ ਕੈਪਟਨ ਕੰਵਲਜੀਤ ਸਿੰਘ ਦੀ ਦੇਹ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੀਆਂ ਉਘੀਆਂ ਸ਼ਖ਼ਸੀਅਤਾਂ ਵਿਚ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ, ਤਾਮਿਲਨਾਡੂ ਦੇ ਰਾਜਪਾਲ ਸੁਰਜੀਤ ਸਿੰਘ ਬਰਨਾਲਾ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਸ੍ਰੀਮਤੀ ਰਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਦੇ ਪ੍ਰਧਾਨ ਮਹਿੰਦਰ ਸਿੰਘ ਕੇ ਪੀ, ਬੀ ਜੇ ਪੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਪ੍ਰੋ.’ ਰਜਿੰਦਰ ਭੰਡਾਰੀ, ਲੋਕ ਸਭਾ ਦੇ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਵਿੱਤ ਅਤੇ ਯੋਜਨਾ ਦੇ ਕੇਂਦਰੀ ਰਾਜ ਮੰਤਰੀ ਪਵਨ ਬਾਂਸਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਤਪਾਲ ਗੋਸਾਈਂ, ਪੰਜਾਬ ਦੇ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ, ਸਾਬਕਾ ਮੁੱਖ ਮੰਤਰੀ ਹਰਿਆਣਾ ਚੌਧਰੀ ਭਜਨ ਲਾਲ, ਬੀ ਜੇ ਪੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਲਰਾਮਜੀ ਦਾਸ ਟੰਡਨ, ਮਨਜੀਤ ਸਿੰਘ ਜੀ ਕੇ ਅਤੇ ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਅਤੇ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ, ਪੰਜਾਬ ਦੇ ਬੀ ਐਸ ਪੀ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਸੀ ਪੀ ਐਮ ਪੰਜਾਬ ਦੇ ਸਕੱਤਰ ਮੰਗਤ ਰਾਮ ਪਾਸਲਾ, ਸਾਰੇ ਕੈਬਨਿਟ ਮੰਤਰੀ ਅਤੇ ਮੁੱਖ ਸੰਸਦੀ ਸਕੱਤਰ ਸ਼ਾਮਿਲ ਸਨ।
ਕੈਪਟਨ ਕੰਵਲਜੀਤ ਸਿੰਘ ਦੇ ਹਜ਼ਾਰਾਂ ਪ੍ਰਸੰਸਕ, ਹਮਾਇਤੀ, ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਆਗੂ ਅਤੇ ਪਾਰਟੀ ਵਰਕਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਉਨ੍ਹਾਂ ਦੇ ਅੰਤਮ ਸਸਕਾਰ ਮੌਕੇ ਹਾਜ਼ਰ ਸਨ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ, ਸਿੱਖਿਆ ਮਾਹਰਾਂ, ਕਾਨੂੰਨਦਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਹਜ਼ਾਰਾਂ ਲੋਕਾਂ ਨੇ ਮਹਾਨ ਸਿਆਸੀ ਚਿੰਤਕ, ਯੋਗ ਪ੍ਰਸ਼ਾਸਕ ਅਤੇ ਸੱਚੇ ਸਟੇਟਸਮੈਨ ਦੀ ਅੰਤਿਮ ਯਾਤਰਾ ਵਿਚ ਹਿੱਸਾ ਲਿਆ। ਇਸੇ ਤਰ੍ਹਾਂ ਪੰਜਾਬ ਆਰਮਡ ਪੁਲਿਸ ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਅਤੇ ਸ਼ੋਕ ਧੁਨ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੀ ਚਿਖਾ ਨੂੰ ਅੱਗ ਉਨ੍ਹਾਂ ਦੇ ਪੁੱਤਰ ਜਸਜੀਤ ਸਿੰਘ ਬੰਨੀ ਨੇ ਵਿਖਾਈ। ਸਿੱਖ ਰੈਜ਼ੀਮੈਂਟ ਵੱਲੋਂ ਵੀ ਕੈਪਟਨ ਕੰਵਲਜੀਤ ਸਿੰਘ ਦੀ ਦੇਹ ‘ਤੇ ਫੁੱਲ ਮਾਲਾ ਰੱਖੀ ਗਈ। ਰਾਜਪਾਲ ਦੇ ਸਕੱਤਰ ਐਮ ਪੀ ਸਿੰਘ ਨੇ ਪੰਜਾਬ ਦੇ ਰਾਜਪਾਲ ਜਨਰਲ (ਸੇਵਾ ਮੁਕਤ ) ਐਸ ਐਫ਼ ਰੌਡਰਿਗਜ਼ ਦੀ ਤਰਫੋਂ ਉਨ੍ਹਾਂ ਦੀ ਦੇਹ ‘ਤੇ ਫੁੱਲ ਭੇਟ ਕੀਤੇ ਜੋ ਕਿ ਇਸ ਸਮੇਂ ਸ਼ਹਿਰ ਵਿਚ ਨਹੀਂ ਸਨ। ਇਸ ਤੋਂ ਪਹਿਲਾਂ ਸਵਰਗੀ ਸਹਿਕਾਰਤਾ ਮੰਤਰੀ ਦੀ ਦੇਹ ਨੂੰ ਇਕ ਜਲੂਸ ਦੀ ਸ਼ਕਲ ਵਿਚ ਉਨ੍ਹਾਂ ਦੇ ਸੈਕਟਰ-9 ਸਥਿਤ ਨਿਵਾਸ ਸਥਾਨ ਤੋਂ ਫੁੱਲਾਂ ਨਾਲ ਸਜਾਈ ਹੋਈ ਇਕ ਗੱਡੀ ਰਾਹੀਂ ਸ਼ਮਸ਼ਾਨਘਾਟ ਲਿਜਾਇਆ ਗਿਆ। ਉਨ੍ਹਾਂ ਦੀ ਦੇਹ ਰਾਸ਼ਟਰੀ ਝੰਡੇ ਵਿਚ ਲਪੇਟੀ ਹੋਈ ਸੀ।
ਅੰਤਿਮ ਸਸਕਾਰ ਤੋਂ ਪਹਿਲਾਂ ਸਵੇਰੇ ਹੀ ਰਾਜ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਨੰਨੀ ਛਾਂ ਟਰੱਸਟ ਦੀ ਚੀਫ਼ ਪੈਟਰਨ ਅਤੇ ਉਪ ਮੁੱਖ ਮੰਤਰੀ ਦੀ ਪਤਨੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮਰਹੂਮ ਕੈਪਟਨ ਕੰਵਲਜੀਤ ਸਿੰਘ ਦੇ ਨਿਵਾਸ ਸਥਾਨ ‘ਤੇ ਜਾ ਕੇ ਵਿੱਛੜੇ ਨੇਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਦੁੱਖ ਵੰਡਾਇਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ ਜਿਸ ਵਿਚ ਆਮ ਸਹਿਮਤੀ ਨਾਲ ਪ੍ਰਵਾਨ ਕੀਤੇ ਮਤੇ ਵਿਚ ਸਾਬਕਾ ਸਹਿਕਾਰਤਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕੈਪਟਨ ਕੰਵਲਜੀਤ ਸਿੰਘ ਦੀ ਦੁਖਦਾਈ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਮੀਟਿੰਗ ਤਂੋ ਤੁਰੰਤ ਬਾਅਦ ਸ. ਬਾਦਲ ਮੁੜ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਨਾਲ ਕੈਪਟਨ ਕੰਵਲਜੀਤ ਸਿੰਘ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਦੀ ਅੰਤਮ ਯਾਤਰਾ ਵਿਚ ਸ਼ਾਮਲ ਹੋਣ ਲਈ ਪਹੁੰਚੇ।
ਗ਼ੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਵਿਛੜੇ ਆਗੂ ਦੇ ਸਨਮਾਨ ਵਜੋਂ 7 ਦਿਨਾਂ ਦੇ ਸੋਗ ਦਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਦੇ ਸਨਮਾਨ ਵਜੋਂ ਸਰਕਾਰੀ ਇਮਾਰਤਾਂ ‘ਤੇ ਝੰਡੇ ਇਸ ਸਮੇ ਦੌਰਾਨ ਅੱਧੇ ਝੁਕੇ ਰਹਿਣਗੇ। ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਸਮਾਗਮ ਅਤੇ ਸਮਾਰੋਹ ਰੱਦ ਕਰ ਦਿੱਤੇ ਗਏ ਹਨ। ਦੂਜੇ ਪਾਸੇ ਸਸਕਾਰ ਤੋਂ ਪਹਿਲਾ ਮੰਤਰੀ ਮੰਡਲ ਨੇ ਇਕ ਹੰਗਾਮੀ ਮੀਟਿੰਗ ਬੁਲਾ ਕੇ ਵਿਛੜੇ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮੁੱਚੇ ਮੰਤਰੀ ਮੰਡਲ ਨੇ ਮੀਟਿੰਗ ਦੌਰਾਨ ਮਤਾ ਪਾਸ ਕੀਤਾ ਕਿ ਕੈਪਟਨ ਕੰਵਲਜੀਤ ਸਿੰਘ ਇਕ ਸੱਚੇ ਅਕਾਲੀ ਅਤੇ ਪੰਜਾਬੀ ਸਨ। ਉਨ੍ਹਾਂ ਸਾਰੀ ਉਮਰ ਸ਼੍ਰੋਮਣੀ ਅਕਾਲੀ ਦਲ ਦਾ ਮਾਣ ਵਧਾਇਆ ਹੈ। ਮੰਤਰੀ ਮੰਡਲ ਨੇ ਮੀਟਿੰਗ ਦੌਰਾਨ ਪਰਿਵਾਰ ਨੂੰ ਭਾਣਾ ਬਖਸ਼ਣ ਲਈ ਬਲ ਦੇਣ ਵਾਸਤੇ ਵਾਹਿਗੁਰੂ ਜੀ ਅੱਗੇ ਅਰਦਾਸ ਵੀ ਕੀਤੀ।

No comments:

Post a Comment