ਨਵੀਂ ਦਿੱਲੀ : ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਨਾ ਜਾਣ ਦੀ ਸਲਾਹ ਦਿੱਤੀ ਹੈ। ਇਹ ਸਲਾਹ ਗ੍ਰਹਿ ਵਿਭਾਗ ਵਲੋਂ
ਆਈ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਵਿਚ ਲਗਾਤਾਰ ਵਿਆਪਕ ਪੱਧਰ 'ਤੇ ਫ਼ੈਲ ਰਹੀ ਹਿੰਸਾ ਅਤੇ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਪਾਕਿਸਤਾਨ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਭਾਰਤ ਸਰਕਾਰ ਨੇ ਖ਼ਾਸ ਤੌਰ 'ਤੇ ਪੰਜਾਬ ਦੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਯਾਤਰਾ ਕਰਨ ਤੋਂ ਗੁਰੇਜ਼ ਕਰਨ ਲਈ ਆਖਿਆ ਹੈ। ਪਿਛਲੇ ਦੋ ਹਫ਼ਤਿਆਂ ਤੋਂ ਪਾਕਿਸਤਾਨ ਵਿਚ ਅੱਤਵਾਦੀ ਹਮਲਿਆਂ ਅਤੇ ਵਿਆਪਕ ਹਿੰਸਾ ਦਾ ਦਬਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ ਦਿਨੀਂ ਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਵਸ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਯਾਤਰੀਆਂ ਦਾ ਜਥਾ ਵੀ ਉਥੋਂ ਦੇ ਹਾਲਾਤ ਖ਼ਰਾਬ ਹੋ ਜਾਣ 'ਤੇ ਅੱਧ-ਵਿਚਾਲੇ ਵਾਪਸ ਆ ਗਿਆ ਸੀ। ਹੁਣ ਭਾਰਤ ਸਰਕਾਰ ਨੇ ਦੇਸ਼ ਦੇ ਨਾਗਰਿਕਾਂ ਨੂੰ ਪਾਕਿਸਤਾਨ ਦੇ ਹਾਲਾਤਾਂ ਦੇ ਮੱਦੇਨਜ਼ਰ ਪਾਕਿ ਯਾਤਰਾ ਕਰਨ ਤੋਂ ਗੁਰੇਜ਼ ਕਰਨ ਲਈ ਆਖਿਆ ਹੈ। ਇਹ ਅਪੀਲ ਸਿੱਖ ਭਾਈਚਾਰੇ ਲਈ ਇਸ ਸਮੇਂ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੈ ਕਿਉਂਕਿ ਅਗਲੇ ਕੁਝ ਦਿਨਾਂ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਪਾਕਿਸਤਾਨ ਜਾਣ ਦੀਆਂ ਤਿਆਰੀਆਂ ਕਰ ਰਹੀਆਂ ਸਨ।

No comments:
Post a Comment