ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Thursday, August 5, 2010

ਸਰਨਾ-ਫੂਲਕਾ ਵਿਵਾਦ ਦਾ ਸ਼੍ਰੀ ਅਕਾਲ ਤਖਤ ਸਾਹਿਬ `ਤੇ ਹੋਵੇਗਾ ਨਬੇੜਾ

ਸਿੰਘ ਸਾਹਿਬਾਨ ਵਲੋਂ ਸਰਨਾ ਭਰਾਵਾਂ ਨੂੰ ਸਪੱਸ਼ਟੀਕਰਨ ਦੇਣ ਲਈ ਇਕ ਹੋਰ ਮੌਕਾ
ਅੰਮ੍ਰਿਤਸਰ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਵਿਚਾਲੇ ਸਿੱਖ ਕਤਲੇਆਮ ਸਬੰਧੀ ਅਦਾਲਤੀ ਕੇਸਾਂ ਦੀ ਪੈਰਵਾਈ ਬਾਰੇ ਤਿੱਖੀ ਬਿਆਨਬਾਜ਼ੀ ਦਾ ਮਾਮਲਾ ਸ਼੍ਰੀ ਅਕਾਲ ਤਖਤ ਸਾਹਿਬ `ਤੇ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤੇ ਗਏ ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਸਰਨਾ ਵਲੋਂ ਪੇਸ਼ ਹੋਣ ਦੀ ਥਾਂ ਹੋਰ ਸਮਾਂ ਮੰਗਣ ਲਈ ਭੇਜੇ ਗਏ ਬੇਨਤੀ ਪੱਤਰ `ਤੇ ਸਿੰਘ ਸਾਹਿਬਾਨ ਨੇ ਦੋਵਾਂ ਭਰਾਵਾਂ ਨੂੰ 7 ਅਗਸਤ ਨੂੰ ਖੁਦ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ। ਦੂਜੇ ਪਾਸੇ ਸਿੱਖ ਨਸਲਕੁਸ਼ੀ ਦੇ ਕੇਸਾਂ `ਚ ਪੈਰਵਾਈ ਕਰ ਰਹੇ ਸੁਪਰੀਮ ਕੋਰਟ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ਵਲੋਂ ਨਿੱਜੀ ਤੌਰ `ਤੇ ਪੇਸ਼ ਹੋ ਕੇ ਅਪਣਾ ਪੱਖ ਰੱਖਣ ਉਪਰੰਤ ਸਿੰਘ ਸਾਹਿਬਾਨ ਵਲੋਂ ਉਨ੍ਹਾਂ ਨੂੰ ਅਪਣੀਆਂ ਸੇੇਵਾਵਾਂ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
ਕਾਬਿਲੇਗੌਰ ਹੈ ਕਿ 1984 ਦੇ ਸਿੱਖ ਕਤਲੇਆਮ ਸਬੰਧੀ ਅਦਾਲਤੀ ਕੇਸਾਂ ਦੀ ਪੈਰਵਾਈ `ਤੇ ਸਵਾਲ ਉਠਾਉਂਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਵਲੋਂ ਦੋਸ਼ ਲਾਇਆ ਗਿਆ ਹੈ ਕਿ ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਲਈ ਸ. ਐਚਐਸ ਫੂਲਕਾ ਨੇ ਹੁਣ ਤੱਕ ਇਕ ਕਰੋੜ 90 ਲੱਖ ਰੁਪਏ ਜ਼ਾਇਆ ਕਰ ਦਿੱਤੇ ਹਨ ਅਤੇ ਦੰਗਾ ਪੀੜਤ ਸਿੱਖ ਪਰਿਵਾਰਾਂ ਨੂੰ 26 ਸਾਲ ਬਾਅਦ ਵੀ ਕੋਈ ਇਨਸਾਫ ਨਹੀਂ ਮਿਲਿਆ ਹੈ। ਓਧਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਸਪੱਸ਼ਟ ਕੀਤਾ ਹੈ ਕਿ ਉਨਾਂ ਨੇ ਸਾਲ 1985 ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ 15 ਹਜ਼ਾਰ ਰੁਪਏ ਲੈਣ ਤੋਂ ਬਾਅਦ ਅੱਜ ਤੱਕ ਬਿਨਾਂ ਕੋਈ ਪੈਸਾ ਲਏ ਕੇਸਾਂ ਦੀ ਪੈਰਵਾਈ ਅਪਣੀ ਜਾਨ ਜ਼ੋਖਮ ਵਿਚ ਪਾ ਕੇ ਕੀਤੀ ਹੈ।

No comments:

Post a Comment