ਟੌਹੜਾ ਦੇ ਨਜ਼ਦੀਕੀ ਮਨਜੀਤ ਸਿੰਘ ਕਲਕੱਤਾ ਕੈਪਟਨ ਅਮਰਿੰਦਰ ਸਿੰਘ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੇ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਹੱਕ ਵਿੱਚ ਆਮ ਕਰਕੇ ਅਤੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਮਾਇਤ ‘ਚ ਵਿਸ਼ੇਸ਼ ਕਰਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਰੋਧੀ ਸਿੱਖ ਨੇਤਾਵਾਂ ਦੀ ਲਾਮਬੰਦੀ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਈ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਰਹੇ ਸਾਬਕਾ ਮੰਤਰੀ ਅਤੇ ਮਰਹੂਮ ਨੇਤਾ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਮਨਜੀਤ ਸਿੰਘ ਕਲਕੱਤਾ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋ ਗਏ। ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਏ ਨੇਤਾਵਾਂ ਵਿੱਚੋਂ ਬਕਾਇਦਾ ਤੌਰ ‘ਤੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਨੇਤਾਵਾਂ ਵਿੱਚ ਬਲਵਿੰਦਰ ਸਿੰਘ ਸੈਫਦੀਪੁਰ ਅਤੇ ਰਾਜਬੀਰ ਸਿੰਘ ਪਡਿਆਲਾ ਸ਼ਾਮਲ ਸਨ। ਪੰਜਾਬ ਵਿੱਚ ਕਾਂਗਰਸ ਡਾ. ਮਨਮੋਹਨ ਸਿੰਘ ਬਨਾਮ ਲਾਲ ਕ੍ਰਿਸ਼ਨ ਅਡਵਾਨੀ ਦੇ ਮੁੱਦੇ ‘ਤੇ ਚੋਣ ਲੜੇਗੀ।ਸ. ਪਡਿਆਲਾ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਹੈ ਅਤੇ ਉਨ੍ਹਾਂ ਦੇ ਪਿਤਾ ਅਤੇ ਮਾਤਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੀ ਚੋਣ ਜਿੱਤੇ ਸਨ। ਸ. ਸੈਫਦੀਪੁਰ ਭਾਉ ਭਾਈਚਾਰੇ ਦੀ ਵੀ ਪ੍ਰਤੀਨਿਧਤਾ ਕਰਦੇ ਹਨ। ਇਸ ਮੌਕੇ ‘ਤੇ ਉਨ੍ਹਾਂ ਦੇ ਸੈਂਕੜੇ ਸਮਰਥਕ ਵੀ ਹਾਜ਼ਰ ਸਨ। ਉਨ੍ਹਾਂ ਨੂੰ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਗਿਆ। ਅੱਜ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਸੁਖਬੀਰ ਕੌਰ ਪਾਹੜਾ, ਨਰਿੰਦਰ ਸਿੰਘ ਜੱਲੋ, ਕਰਨੈਲ ਸਿੰਘ ਮਾਨ, ਗੁਰਮੀਤ ਸਿੰਘ ਪਾਹੜਾ, ਸੁਰਜੀਤ ਸਿੰਘ ਤੁਗਲਵਾਦ ਅਤੇ ਹੋਰ ਨੇਤਾ ਹਾਜ਼ਰ ਸਨ। ਇਸ ਮੌਕੇ ‘ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੀ ਹਾਜ਼ਰ ਸਨ। ਦਿੱਲੀ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸੀ ਬੀ ਆਈ ਦੁਆਰਾ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਦੇ ਸੰਦਰਭ ਵਿੱਚ ਇਨ੍ਹਾਂ ਅਕਾਲੀ ਲੀਡਰਾਂ ਦੀ ਕਾਂਗਰਸ ਨੂੰ ਹਮਾਇਤ ਹੋਰ ਵੀ ਮਹੱਤਵਪੂਰਨ ਹੋ ਜਾਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਕਈ ਅਕਾਲੀ ਨੇਤਾ ਕਾਂਗਰਸ ਵਿੱਚ ਸ਼ਾਮਲ ਹੋਣਗੇ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਕਲਕੱਤਾ ਨੇ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਵਿੱਚ ਸ਼ਾਮਲ ਨਹੀਂ ਹੋ ਰਹੇ ਸਗੋਂ ਬਾਹਰ ਰਹਿ ਕੇ ਡਾ. ਮਨਮੋਹਨ ਸਿੰਘ ਨੂੰ ਮੁੜ ਪ੍ਰਧਾਨ ਮੰਤਰੀ ਬਣਾਉਣ ਲਈ ਉਹ ਕਾਂਗਰਸ ਦੀ ਹਮਾਇਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨਾਲ ਹਨ।
No comments:
Post a Comment