ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Monday, May 11, 2009

ਪਾਕਿ ਅੰਦਰ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵਾਂਗੇ : ਮਨਮੋਹਨ ਸਿੰਘ

ਅੰਮ੍ਰਿਤਸਰ, ਲੁਧਿਆਣਾ, ਖਡੂਰ ਸਾਹਿਬ
ਪਾਕਿਸਤਾਨ ਵਿਚ ਘੱਟ ਗਿਣਤੀਆਂ (ਖ਼ਾਸ ਕਰਕੇ ਸਿੱਖਾਂ) ‘ਤੇ ਕੀਤੇ ਜਾ ਰਹੇ ਧੱਕੇ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਿੱਖਾਂ ਕੋਲੋਂ ਜਜ਼ੀਆ ਵਸੂਲਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਨਾਲ ਲੱਗਦੀ ਖੁੱਲ੍ਹੀ ਗਰਾਊਂਡ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਡਾ. ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਪਾਕਿਸਤਾਨ ਅੰਦਰ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੂਟਨੀਤਕ ਪ੍ਰਕਿਰਿਆ ਅਪਣਾਵੇਗੀ । ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਾਂਦਿਆਂ ੁਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਰੇਗਾ ਸਕੀਮ ਲਿਆ ਕੇ 100 ਦਿਨ ਦੇ ਰੁਜ਼ਗਾਰ ਨੂੰ ਯਕੀਨੀ ਬਣਾਇਆ ਹੈ ਜਦੋਂ ਕਿ ਐਨ ਡੀ ਏ ਸਰਕਾਰ ਨੇ ਲੋਕਾਂ ਦਾ ਰੁਜ਼ਗਾਰ ਖੋਹਿਆ ਹੈ। ਡਾ. ਸਿੰਘ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਕਿਸਾਨਾਂ ਦੀ ਮੁਦੱਈ ਰਹੀ ਹੈ, ਜਦੋਂ ਕਿ ਐਨ ਡੀ ਏ ਸਿਰਫ਼ ਮਗਰਮੱਛ ਦੇ ਹੰਝੂ ਵਹਾਉਾਂਦੀ । ਪੰਜਾਬ ਨੂੰ ਅਮੁੱਲ ਸੰਪਤੀ ਕਰਾਰ ਦਿੰਦਿਆਂ ਡਾ. ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਜਿੱਥੇ 3150 ਕਰੋੜ ਰੁਪਏ ਦੀਆਂ ਸਕੀਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਥੇ ਪੰਜਾਬ ਦੇ ਹਰ ਖੇਤਰ ਨੂੰ ਲੋੜ ਅਨੁਸਾਰ ਸਹੂਲਤਾਂ ਮੁਹੱਈਆ ਕਰਾਉਣ ਲਈ ਕਾਰਵਾਈਆਂ ਵੀ ਜਾਰੀ ਹਨ।
ਡਾ. ਸਿੰਘ ਨੇ ਕਿਹਾ ਕਿ ਅਜ਼ਾਦੀ ਦੇ ਸਮੇਂ ਤੋਂ ਪਹਿਲਾਂ ਦਾ ਮਹਾਰਾਜਾ ਰਣਜੀਤ ਸਿੰਘ ਦਾ ਕਿਲ੍ਹਾ ਜੋ ਹੁਣ ਤੱਕ ਕੇਂਦਰ ਸਰਕਾਰ ਦੇ ਅਧੀਨ ਸੀ, ਦੀਆਂ ਚਾਬੀਆਂ ਸੂਬਾ ਸਰਕਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਸਿੱਖਿਆ ਸਬੰਧੀ ਗੱਲ ਕਰਦਿਆਂ ਡਾ. ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਖ਼ਰਚੇ ‘ਤੇ ਪੰਜਾਬ ਅੰਦਰ ਬਠਿੰਡਾ ਤੇ ਅੰਮ੍ਰਿਤਸਰ ‘ਚ ਦੋ ਯੂਨੀਵਰਸਿਟੀਆਂ ਖੋਲ੍ਹੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲਈ ਵੀ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਅੰਤ ‘ਚ ਡਾ. ਸਿੰਘ ਨੇ ਪੰਜਾਬ ‘ਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਕਿਹਾ ਕਿ ਅੰਮ੍ਰਿਤਸਰ ਗੁਰੂਆਂ, ਪੀਰਾਂ-ਪੈਗੰਬਰਾਂ, ਰਿਸ਼ੀਆਂ-ਮੁਨੀਆਂ ਤੇ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ ਕਿ ਸਾਡਾ ਪ੍ਰਧਾਨ ਮੰਤਰੀ ਪੰਜਾਬ ਤੋਂ ਹੈ। ਉਨ੍ਹਾਂ ਕਿਹਾ ਕਿ ਯੂ ਪੀ ਏ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ, ਜਦੋਂ ਕਿ ਅਕਾਲੀ ਹਰ ਰੋਜ਼ 50 ਤੋਂ ਵਧੇਰੇ ਵਾਅਦੇ ਕਰਦੇ ਹਨ ਅਤੇ ਅਗਲੇ ਦਿਨ ਹੀ ਉਨ੍ਹਾਂ ਨੂੰ ਭੁੱਲ ਜਾਂਦੇ ਹਨ। ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਅਤੇ ਸਿੱਖਾਂ ਦੀ ਆਨ ਤੇ ਸ਼ਾਨ ਹਨ, ਜਦਕਿ ਐਨ ਡੀ ਏ ਕੋਲ ਉਨ੍ਹਾਂ ਦੇ ਮੁਕਾਬਲੇ ਦਾ ਕੋਈ ਉਮੀਦਵਾਰ ਹੀ ਨਹੀਂ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹਮਲਾਵਰ ਅੰਦਾਜ਼ ‘ਚ ਭਾਜਪਾ ਤੇ ਇਸ ਦੇ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਚੰਗੇ ਰਗੜੇ ਲਾਏ। ਉਨ੍ਹਾਂ ਕਿਹਾ ਕਿ ਬਾਦਲ (ਦੋਵੇਂ ਪਿਉ-ਪੁੱਤਰ) ਨਿੱਜੀ ਸਮਝੌਤੇ ਕਰ ਰਹੇ ਹਨ, ਜਦੋਂ ਕਿ ਉਨ੍ਹਾਂ ਪੰਜਾਬ ਦੇ ਹਿੱਤ ਲਈ ਪਾਣੀਆਂ ਸਬੰਧੀ ਕਾਨੂੰਨ ਪਾਸ ਕੀਤਾ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪ੍ਰਦੇਸ ਕਾਂਗਰਸ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਲਾਲ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ ਮੋਹਸਿਨਾ ਕਿਦਵਈ ਤੇ ਹੋਰ ਆਗੂ ਹਾਜ਼ਰ ਸਨ।
ਇਸ ਤੋਂ ਬਾਅਦ ਡਾ. ਸਿੰਘ ਨੇ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਡਾ. ਸਿੰਘ ਨੇ ਦਰਿਆਈ ਪਾਣੀ, ਫ਼ਿਰਕਾਪ੍ਰਸਤੀ, ਦਹਿਸ਼ਤਵਾਦ ਤੇ ਕਿਸਾਨੀ ਦੇ ਮੁੱਦੇ ‘ਤੇ ਐਨ ਡੀ ਏ ਨੂੰ ਘੇਰਿਆ। 1984 ਦੇ ਸਿੱਖ ਦੰਗਿਆਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ. ਸਿੰਘ ਨੇ ਕਿਹਾ ਕਿ ਇਸ ਮੁੱਦੇ ਨੂੰ ਹਮੇਸ਼ਾ ਜਿਉਂਦਾ ਨਹੀਂ ਰੱਖਿਆ ਜਾ ਸਕਦਾ। ਦਰਿਆਈ ਪਾਣੀਆਂ ਬਾਰੇ ਉਨ੍ਹਾਂ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ ਅਤੇ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।
ਇਸ ਤੋਂ ਇਲਾਵਾ ਡਾ. ਸਿੰਘ ਨੇ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ ਦੇ ਹੱਕ ‘ਚ ਤਰਨ ਤਾਰਨ ਵਿਖੇ ਇਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਡਾ. ਸਿੰਘ ਨੇ ਰਾਣਾ ਗੁਰਜੀਤ ਸਿੰਘ ਨੂੰ ਜਿਤਾਉਣ ਦੀ ਅਪੀਲ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਗੜਬੜੀ ਕਰਨ ਵਾਲੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

1 comment:

  1. ਪੰਜਾਬੀ ਦੇ ਵਿਚ ਲਿਖਣ ਵਾਲੀਆ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸ ਕਰਕੇ ਤੁਹਾਡਾ ਬਲੋਗ , ਪੰਜਾਬੀ ਮੇਰੀ ਆਵਾਜ ਨਾਲ ਜੋੜ ਦਿਤਾ ਗਿਆ ਹੈ ਉਮੀਦ ਹੈ ਕੀ ਤੁਸੀ ਵੀ ਇਸ ਬਲਾਗ ਦਾ ਲਿੰਕ http://punjabirajpura.blogspot.com/ ਨੂੰ ਆਪਣੇ ਬਲਾਗ ਨਾਲ ਜੋੜੋਗੇ ਤੇ ਸਾਡੇ ਬਲਾਗ ਤੇ ਵੀ ਦਰਸ਼ਨ ਦੇਵੋਗੇ
    ਧੰਨਵਾਦ

    ਤੁਹਾਡੇ ਬਲਾਗ ਨੂੰ ਪੜਨ ਵਾਲਾ ਤੇ ਤੁਹਾਡਾ ਦੋਸਤ

    ਵਿਨੋਦ ਕੁਮਾਰ

    ReplyDelete