ਸੁਖਦੇਵ ਸਿੰਘ ਢੀਂਡਸਾ ਦੀ ਖੁੱਲ੍ਹ ਕੇ ਵਿਰੋਧਤਾ ਕੀਤੀ ਸੀ ਬਰਨਾਲਾ ਗਰੁੱਪ ਨੇ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਸ. ਬਲਦੇਵ ਸਿੰਘ ਮਾਨ ਅਤੇ ਪਾਰਟੀ ਦੇ ਮੀਤ ਪ੍ਰਧਾਨ ਗਗਨਜੀਤ ਸਿੰਘ ਬਰਨਾਲਾ ਨੂੰ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਵਿਰੋਧੀ ਸਰਗਰਮੀਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕਿਸੇ ਨੇ ਵੀ ਲੋਕ ਸਭਾ ਚੋਣਾਂ ਦੋਰਾਨ ਪਾਰਟੀ ਉਮੀਦਵਾਰਾਂ ਦੀ ਵਿਰੋਧਤਾ ਕੀਤੀ ਹੈ ਉਹਨਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਇੱਥੇ ਇਹ ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਸੀਟ ‘ਤੇ ਅਕਾਲੀ ਦਲ ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਦੀ ਬਰਨਾਲਾ ਗਰੁੱਪ ਨੇ ਖੁੱਲ੍ਹ ਕੇ ਵਿਰੋਧਤਾ ਕੀਤੀ ਸੀ ਅਤੇ ਇੱਥੇ ਅਕਾਲੀ ਦਲ ਦੋ ਧੜਿਆਂ ਵਿੱਚ ਵੰਡਿਆ ਗਿਆ ਸੀ, ਜਿਸ ਕਾਰਨ ਇਸ ਸੀਟ ‘ਤੇ ਕਾਫੀ ਹੱਦ ਤੱਕ ਸ੍ਰੀ ਢੀਂਡਸਾ ਦੇ ਵੋਟ ਬੈਂਕ ਨੂੰ ਨੁਕਸਾਨ ਪਹੁੰਚਿਆ।
ਇਸ ਹਲਕੇ ਵਿੱਚ ਬਰਨਾਲਾ ਤੇ ਢੀਂਡਸਾ ਗਰੁੱਪ ਵਿਚਾਲੇ ਕਾਫੀ ਪੁਰਾਣੇ ਸਮੇਂ ਤੋਂ ਖਿੱਚੋਤਾਣ ਚੱਲਦੀ ਆ ਰਹੀ ਸੀ ਜੋ ਕਿ ਚੋਣਾਂ ਦੌਰਾਨ ਖੁੱਲ੍ਹ ਕੇ ਸਾਹਮਣੇ ਆਈ।ਅਕਾਲੀ ਦਲ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ ਵੱਖ ਹਲਕਿਆਂ ਵਿੱਚ ਜਿੱਥੇ ਜਿੱਥੇ ਅਕਾਲੀ ਦਲ ਨੂੰ ਹਾਰ ਮਿਲੀ ਹੈ ਉਥੇ ਉਥੇ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਪਣੇ ਪੱਧਰ ‘ਤੇ ਇੱਕ ਟੀਮ ਦਾ ਗਠਨ ਕੀਤਾ ਹੈ ਜਿਹੜੀ ਕਿ ਇਹ ਪਤਾ ਲਗਾਏਗੀ ਕਿ ਕਿਹੜੇ ਕਾਰਨਾਂ ਕਰਕੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਕਿਹੜੇ ਕਿਹੜੇ ਆਗੂਆਂ ਨੇ ਅੰਦਰਖਾਤੇ ਜਾਂ ਖੁੱਲ੍ਹ ਕੇ ਪਾਰਟੀ ਉਮੀਦਵਾਰਾਂ ਦੀ ਵਿਰੋਧਤਾ ਕੀਤੀ। ਇਸ ਤੋਂ ਬਾਅਦ ਹੀ ਪਾਰਟੀ ਦੀ ਵਿਰੋਧਤਾ ਕਰਨ ਵਾਲੇ ਪਾਰਟੀ ਦੇ ਹੀ ਅੰਦਰੂਨੀ ਆਗੂਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਚੋਣਾਂ ਦੌਰਾਨ ਜਿਹੜੇ ਜਿਹੜੇ ਵਰਕਰਾਂ ਤੇ ਆਗੂਆਂ ਨੇ ਪਾਰਟੀ ਉਮੀਦਵਾਰਾਂ ਦੀ ਵਿਰੋਧਤਾ ਕੀਤੀ ਹੈ ਉਨ੍ਹਾਂ ਖਿਲਾਫ਼ ਪੂਰੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਮੀਦਵਾਰਾਂ ਦੀ ਵਿਰੋਧਤਾ ਨਹੀਂ ਸਗੋਂ ਉਮੀਦਵਾਰਾਂ ਦੇ ਨਾਲ ਪੂਰੀ ਪਾਰਟੀ ਦੀ ਵਿਰੋਧਤਾ ਮੰਨੀ ਜਾਵੇਗੀ।
ਦੂਜੇ ਪਾਸੇ ਗਗਨਜੀਤ ਬਰਨਾਲਾ ਨੈ ਕਿਹਾ ਕਿ ਅਕਾਲੀ ਦਲ (ਬ) ਦੀ ਹਾਰ ਲਈ ਪਰਮਿੰਦਰ ਸਿੰਘ ਢੀਂਡਸਾ ਵੀ ਬਰਾਬਰ ਦੇ ਜਿੰਮੇਵਾਰ ਹਨ, ਕਿਉਂਕਿ ਉਹ ਵੀ ਪਾਰਟੀ ਦੇ ਸੀਨੀਅਰ ਆਗੂ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਕ ਤਰਫ਼ਾ ਹੈ। 1999 ਵਿਚ ਸੁਖਦੇਵ ਸਿੰਘ ਢੀਂਡਸਾ ਨੇ ਸੁਰਜੀਤ ਸਿੰਘ ਬਰਨਾਲਾ ਦਾ ਵਿਰੋਧ ਕੀਤਾ ਸੀ ਤਾਂ ਫਿਰ ਸ. ਢੀਂਡਸਾ ਨੂੰ ਪਾਰਟੀ ਵਿਚੋਂ ਕਿਉਂ ਨਹੀਂ ਕੱਢਿਆ ਗਿਆ।
No comments:
Post a Comment