ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Thursday, November 19, 2009

ਕੈਨੇਡਾ ਦੇ ਪ੍ਰਧਾਨ ਮੰਤਰੀ ਹਾਰਪਰ ਨੇ ਸਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ : ਭਾਰਤ ਦੌਰੇ 'ਤੇ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫ਼ਨ ਹਾਰਪਰ ਨੇ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕੀਤਾ। ਸ੍ਰੀ ਹਾਰਪਰ ਸਵੇਰੇ ਕਰੀਬ 12 ਵਜੇ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਪੁੱਜੇ, ਜਿਥੇ ਉਨ੍ਹਾਂ ਦਾ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਲੋਕ ਸਭਾ ਮੈਂਬਰ ਡਾ. ਰਤਨ ਸਿੰਘ ਅਜਨਾਲਾ ਅਤੇ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀ ਸ੍ਰੀ ਹਾਰਪਰ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ। ਬਾਅਦ ਦੁਪਹਿਰ 1 ਵਜੇ ਸ੍ਰੀ ਹਾਰਪਰ ਘੰਟਾ ਘਰ ਵਾਲੇ ਪਾਸਿਓਂ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਦਾਖ਼ਲ ਹੋਏ। ਇਸ ਤੋਂ ਬਾਅਦ ਉਨ੍ਹਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਗ੍ਰੰਥੀ ਜਸਵਿੰਦਰ ਸਿੰਘ ਨੇ ਸ੍ਰੀ ਹਾਰਪਰ ਨੂੰ ਸਿਰੋਪਾ ਦਿੱਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਫ਼ੁੱਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ। ਸ੍ਰੀ ਹਾਰਪਰ ਕਰੀਬ ਪੌਣਾ ਘੰਟਾ ਸ੍ਰੀ ਦਰਬਾਰ ਸਾਹਿਬ ਵਿਖੇ ਰਹੇ। ਇਸ ਤੋਂ ਬਾਅਦ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਸੂਚਨਾ ਕੇਂਦਰ ਵਿਚ ਨਿੱਘਾ ਸਵਾਗਤ ਕੀਤਾ ਗਿਆ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸਨਮਾਨ ਚਿੰਨ੍ਹ ਭੇਟ ਕਰਕੇ ਨਿਵਾਜ਼ਿਆ ਗਿਆ। ਸ੍ਰੀ ਹਾਰਪਰ ਨੇ ਸ੍ਰੀ ਦਰਬਾਰ ਸਾਹਿਬ ਦੀ ਵਿਜ਼ਿਟਿੰਗ ਬੁੱਕ 'ਚ ਆਪਣੇ ਵਿਚਾਰ ਦਰਜ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਅੱਜ ਰੂਹਾਨੀਅਤ ਦੇ ਇਸ ਕੇਂਦਰ ਵਿਚ ਆ ਕੇ ਅਜਿਹਾ ਸਕੂਨ ਤੇ ਰੂਹਾਨੀ ਆਨੰਦ ਮਿਲਿਆ ਹੈ, ਜਿਹੜਾ ਉਨ੍ਹਾਂ ਪਹਿਲਾਂ ਕਦੇ ਵੀ ਮਹਿਸੂਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ, ਭਾਈਚਾਰਕ ਸੰਦੇਸ਼ ਉਨ੍ਹਾਂ ਦੇ ਚੇਤੇ 'ਚ ਸਦੀਵੀ ਯਾਦ ਬਣ ਕੇ ਰਹਿਣਗੇ।ਦੂਜੇ ਪਾਸੇ ਕਾਮਾਗਾਟਾਮਾਰੂ ਕਾਂਡ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਤੋਂ ਮੁਆਫ਼ੀ ਦੀ ਮੰਗ ਕਰਨ ਵਾਲੇ ਪ੍ਰੋ. ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਵਲੋਂ ਜੱਲ੍ਹਿਆਂ ਵਾਲੇ ਬਾਗ 'ਚ ਹੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪੂਰੇ ਅੰਮ੍ਰਿਤਸਰ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਅੱਜ ਸਵੇਰ ਤੋਂ ਹੀ ਸ਼ਹਿਰ ਅਤੇ ਸ੍ਰੀ ਦਰਬਾਰ ਸਾਹਿਬ 'ਚ ਸੰਗਤਾਂ ਦੀ ਆਮਦ ਘੱਟ ਸੀ।

No comments:

Post a Comment