ਅੰਮ੍ਰਿਤਸਰ : ਨਾਨਕਸ਼ਾਹੀ ਕੈਲੰਡਰ ਵਿਚ ਕੀਤੀਆਂ ਗਈਆਂ ਸੋਧਾਂ ਤੋਂ ਬਾਅਦ ਕਈ ਗੁਰਪੁਰਬ ਦੋ-ਦੋ ਵਾਰ ਤਰੀਕਾਂ ‘ਤੇ ਮਨਾਏ ਜਾਣ ਕਾਰਨ ਸੰਗਤਾਂ ਵਿਚ ਬਣੀ ਅਸਪੱਸ਼ਟਤਾ ਵਾਲੀ ਸਥਿਤੀ ਨੂੰ ਖ਼ਤਮ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਜਿਥੇ ਇਕੱਤਰਤਾ ਸੱਦਣ ਦੀ ਮੰਗ ਕੀਤੀ ਹੈ, ਉਥੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਅਪਣੇ ਸਟੈਂਡ ਕਾਰਨ ਵਿਵਾਦ ਵਿੱਚ ਘਿਰ ਗਏ ਹਨ। ਜਥੇਦਾਰ ਨੰਦਗੜ੍ਹ ਨੇ ਸਪੱਸ਼ਟ ਕੀਤਾ ਹੈ ਕਿ ਨਾਨਕਸ਼ਾਹੀ ਕੈਲੰਡਰ ਦੀ ਵਿਲੱਖਣਤਾ ਨੂੰ ਖ਼ਤਮ ਕੀਤੇ ਜਾਣ ਦੇ ਕੋਝੇ ਯਤਨਾਂ ਦਾ ਉਹ ਸ਼ੁਰੂ ਤੋਂ ਹੀ ਵਿਰੋਧ ਕਰਦੇ ਆ ਰਹੇ ਹਨ ਅਤੇ ਇਸ ਦੀ ਵਿਲੱਖਣਤਾ ਬਣਾਈ ਰੱਖਣ ਲਈ ਕੋਈ ਵੀ ਕੁਰਬਾਨੀ ਕਰਨ ਨੂੰ ਤਿਆਰ ਹਨ। ਓਧਰ ਤਖਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਸਮੇਤ ਕੁਝ ਪੰਥਕ ਆਗੂਆਂ ਨੇ ਜਥੇਦਾਰ ਨੰਦਗੜ੍ਹ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤੇ ਜਾਣ ਦੀ ਮੰਗ ਕਰ ਦਿੱਤੀ ਹੈ। ਆਉਂਦੇ ਦਿਨਾਂ ਵਿਚ ਇਸ ਮਾਮਲੇ ਦੇ ਹੋਰ ਭਖਣ ਦੇ ਆਸਾਰ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤੇ ਜਾਣ ਤੋਂ ਇਕ ਦਿਨ ਬਾਅਦ ਹੀ ਇਥੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਖ਼ਤਾਂ ਦੇ ਸਾਬਕਾ ਅਤੇ ਮੌਜੂਦਾ ਜਥੇਦਾਰਬਾਂ ਸਮੇਤ ਦੇਸ਼-ਵਿਦੇਸ਼ ਦੀ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ ਨਾਨਕਸ਼ਾਹੀ ਕੈਲੰਡਰ ਸਬੰਧੀ ਕੋਈ ਵਾਦ-ਵਿਵਾਦ ਨਾ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕੋਈ ਇਸ ਸਬੰਧ ਵਿੱਚ ਵਿਚਾਰ ਜਾਂ ਸੁਝਾਅ ਦੇਣ ਹੁੰਦਾ ਹੈ ਤਾਂ ਉਹ ਇਨ੍ਹਾਂ ਨੂੰ ਲਿਖਤੀ ਰੂਪ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਨੂੰ ਭੇਜ ਸਕਦਾ ਹੈ।
No comments:
Post a Comment